ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ॥
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ॥
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ॥
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ॥
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ॥
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ॥
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ॥
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ॥
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ॥
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ॥
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ॥
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ॥
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ॥
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ॥
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ॥
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ॥
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ॥
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ॥
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ॥ ੨੭॥